ਆਪ ਦੱਸੇ ਕਿ ਢਾਈ ਸਾਲਾਂ ਵਿਚ ਪੰਜਾਬ ਲਈ ਕੀ ਕੀਤਾ: ਹਰਸਿਮਰਤ ਕੌਰ ਬਾਦਲ
ਕਿਹਾ ਕਿ ਵਿਕਾਸ ਦਾ ਇਕ ਵੀ ਪ੍ਰਾਜੈਕਟ ਨਹੀਂ ਆਰੰਭਿਆ, ਸਿੱਖਿਆ ਤੇ ਸਿਹਤ ਖੇਤਰ ਦਾ ਬੁਰਾ ਹਾਲ, ਨਸ਼ਿਆਂ ਨਾਲ ਸਮਾਜ ਹੋ ਰਿਹੈ ਖੇਰੂੰ-ਖੇਰੂੰ ਜੀਵਨ ਗੁਪਤਾ/ਪਰਵੀਨ ਕੁਮਾਰ
ਬਠਿੰਡਾ (RNI) ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਕੱਟੜ ਬੇਈਮਾਨ ਪਾਰਟੀ ਪੰਜਾਬੀਆਂ ਨੂੰ ਦੱਸੇ ਕਿ ਪਿਛਲੇ ਢਾਈ ਸਾਲਾਂ ਵਿਚ ਉਸਨੇ ਕੀ ਕਾਰਗੁਜ਼ਾਰੀ ਵਿਖਾਈ ਹੈ ਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਆਪ ਸਰਕਾਰ ਨੇ ਇਸ ਅਰਸੇ ਵਿਚ ਇਕ ਵੀ ਵਿਕਾਸ ਕਾਰਜ ਨਹੀਂ ਆਰੰਭਿਆ।
ਬਠਿੰਡਾ ਦੇ ਐਮ ਪੀ, ਜਿਹਨਾਂ ਨੂੰ ਸ਼ਹਿਰ ਵਿਚ ਚੋਣ ਮੀਟਿੰਗਾਂ ਵਿਚ ਭਰਵਾਂ ਹੁੰਗਾਰਾ ਮਿਲਿਆ, ਨੇ ਔਰਤਾਂ ਤੇ ਉਹਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਉਹਨਾਂ ਕਿਹਾ ਕਿ ਆਪ ਨੇ ਸਕੂਲ ਸਿੱਖਿਆ ਤੇ ਮੈਡੀਕਲ ਸਹੂਲਤ ਵਿਚ ਕ੍ਰਾਂਤੀ ਦਾ ਵਾਅਦਾ ਕੀਤਾ ਸੀ ਪਰ ਇਸ ਮੁਹਾਜ਼ ’ਤੇ ਹਾਲੇ ਤੱਕ ਕੁਝ ਵੀ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਅੱਜ ਸਿੱਖਿਆ ਤੇ ਸਿਹਤ ਖੇਤਰ ਦਾ ਬਹੁਤ ਬੁਰਾ ਹਾਲ ਹੈ। ਸਰਕਾਰ ਨੇ 16 ਮੈਡੀਕਲ ਕਾਲਜ ਖੋਲ੍ਹਣ ਦਾ ਵਾਅਦਾ ਕੀਤਾ ਸੀ ਪਰ ਇਹ ਇਕ ਵੀ ਮੈਡੀਕਲ ਕਾਲਜ ਨਹੀਂ ਖੋਲ੍ਹ ਸਕੀ। ਹਾਲਾਤ ਇਹ ਹਨ ਕਿ ਪੇਂਡੂ ਡਿਸਪੈਂਸਰੀਆਂ ਵਿਚੋਂ ਸਟਾਫ ਆਮ ਆਦਮੀ ਕਲੀਨਿਕਾਂ ਵਿਚ ਸ਼ਿਫਟ ਕਰਨ ਨਾਲ ਪੇਂਡੂ ਡਿਸਪੈਂਸਰੀਆਂ ਤਬਾਹ ਹੋ ਗਈਆਂ ਹਨ।
ਸਰਦਾਰਨੀ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਤੇ ਆਪ ਲੋਕਾਂ ਨੂੰ ਮੂਰਖ ਬਣਾ ਰਹੇ ਹਨ। ਉਹਨਾਂ ਕਿਹਾ ਕਿ ਕਾਂਗਰਸ ਨੇ ਹੀ ਸਭ ਤੋਂ ਪਹਿਲਾਂ ਦਿੱਲੀ ਸ਼ਰਾਬ ਘੁਟਾਲੇ ਦੀ ਸ਼ਿਕਾਇਤ ਕੀਤੀ ਸੀ। ਉਹਨਾਂ ਕਿਹਾ ਕਿ ਜਦੋਂ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਗਿਆ ਤਾਂ ਕਾਂਗਰਸ ਹੀ ਉਹਨਾਂ ਦੇ ਸਮਰਥਨ ਵਿਚ ਡੱਟ ਗਈ ਤੇ ਧਰਨੇ ਦੇਣ ਲੱਗੀ। ਉਹਨਾਂ ਕਿਹਾ ਕਿ ਉਹਨਾਂ ਨੇ ਪੰਜਾਬ ਵਿਚ ਵੀ ਦਿੱਲੀ ਦੀ ਤਰਜ਼ ’ਤੇ ਹੋਏ ਸੈਂਕੜੇ ਕਰੋੜ ਰੁਪਏ ਦੇ ਘੁਟਾਲੇ ਨੂੰ ਸੰਸਦ ਵਿਚ ਚੁੱਕਿਆ ਸੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵਾਅਦਾ ਕੀਤਾ ਸੀ ਕਿ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ ਪਰ ਅੱਠ ਮਹੀਨੇ ਬੀਤਣ ਮਗਰੋਂ ਵੀ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਹੋਈ। ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਭਗਵੰਤ ਮਾਨ ਨੇ ਆਪਣੀ ਚਮੜੀ ਬਚਾਉਣ ਵਾਸਤੇ ਭਾਜਪਾ ਸਰਕਾਰ ਨਾਲ ਸਮਝੌਤਾ ਕਰ ਲਿਆ ਹੈ ਅਤੇ ਹੁਣ ਕੇਂਦਰ ਦੀ ਕਠਪੁਤਲੀ ਬਣੇ ਹੋਏ ਹਨ।
ਭਗਵੰਤ ਮਾਨ ਨੂੰ ਗੈਰ ਹਾਜ਼ਰ ਮੁੱਖ ਮੰਤਰੀ ਕਰਾਰ ਦਿੰਦਿਆਂ ਸਰਦਾਰਨੀ ਬਾਦਲ ਨੇ ਕਿਹਾ ਕਿ ਉਹਨਾਂ ਨੇ ਆਪਣੇ ਕਾਰਜਕਾਲ ਦਾ ਬਹੁਤ ਸਮਾਂ ਅਰਵਿੰਦ ਕੇਜਰੀਵਾਲ ਦੀ ਸੇਵਾ ਵਿਚ ਗੁਜ਼ਾਰਿਆ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਸੂਬੇ ਦੀ ਫੰਡਾਂ ਦੀ ਦੁਰਵਰਤੋਂ ਦੇਸ਼ ਭਰ ਵਿਚ ਅਰਵਿੰਦ ਕੇਜਰੀਵਾਲ ਦੀ ਪ੍ਰਚਾਰ ਮੁਹਿੰਮ ’ਤੇ ਖਰਚਣ ਵਾਸਤੇ ਕੀਤੀ ਹੈ। ਹਜ਼ਾਰਾਂ ਕਰੋੜਾਂ ਰੁਪਏ ਇਸ਼ਤਿਹਾਰਬਾਜ਼ੀ ਅਤੇ ਪਬਲੀਸਿਟੀ ਸਟੰਟ ’ਤੇ ਬਰਬਾਦ ਕੀਤੇ ਗਏ। ਉਹਨਾਂ ਕਿਹਾ ਕਿ ਇਹੀ ਕਾਰਣ ਹੈ ਕਿ ਢਾਈ ਸਾਲਾਂ ਵਿਚ ਹੀ ਆਪ ਸਰਕਾਰ ਨੇ ਇਕ ਲੱਖ ਕਰੋੜ ਰੁਪਏ ਦਾ ਕਰਜ਼ਾ ਲੈ ਲਿਆ ਤੇ ਸਰਕਾਰੀ ਮੁਲਾਜ਼ਮਾਂ ਦੀਆਂ ਤਨਖਾਹਾਂ ਦੇਣ ਵਾਸਤੇ ਹਾਲੇ ਵੀ ਕਰਜ਼ਾ ਲੈ ਰਹੀ ਹੈ।
ਸਰਦਾਰਨੀ ਬਾਦਲ ਨੇ ਔਰਤਾਂ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਦੱਸਿਆ ਕਿ ਨਸ਼ੇ ਕਈ ਗੁਣਾ ਵੱਧ ਗਏ ਹਨ ਤੇ ਆਪ ਸਰਕਾਰ ਦੇ ਰਾਜ ਵਿਚ ਨਸ਼ਿਆਂ ਦੀ ਹੋਮ ਡਲੀਵਰੀ ਹੋ ਰਹੀ ਹੈ। ਉਹਨਾਂ ਨੇ ਭਰੋਸਾ ਦੁਆਇਆ ਕਿ ਸੂਬੇ ਵਿਚ ਇਕ ਵਾਰ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਨਸ਼ੇ ਹਮੇਸ਼ਾ ਲਈ ਖਤਮ ਕੀਤੇ ਜਾਣਗੇ।
Follow RNI News Channel on WhatsApp: https://whatsapp.com/channel/0029VaBPp7rK5cD6XB2
What's Your Reaction?